ਮੱਧ ਪ੍ਰਦੇਸ਼

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ‘ਕਾਓ ਸੈੱਸ’ ਸੰਬੰਧੀ ਸਮੀਖਿਆ ਮੀਟਿੰਗ

  • ਕਾਓ ਸੈੱਸ ਇਕੱਤਰ ਕਰਨ ਵਿੱਚ ਲਾਪਰਵਾਹੀ ਨਾ ਵਰਤਣ ਅਤੇ ਫੰਡਾਂ ਦੀ ਪਾਰਦਰਸ਼ੀ ਵਰਤੋਂ ਦੇ ਦਿੱਤੇ ਨਿਰਦੇਸ਼
  • ਸੰਜੀਵ ਜਿੰਦਲ
  • ਮਾਨਸਾ, 23 ਸਤੰਬਰ:ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਗਊਸ਼ਾਲਾਵਾਂ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਸੰਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਭਾਗ ਲਿਆ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕੀਤੇ ਜਾਣ ਵਾਲੇ ‘ਕਾਓ ਸੈੱਸ’ ਦੀ ਸਮੇਂ ਸਿਰ ਵਸੂਲੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕਾਓ ਸੈੱਸ ਦਾ ਬਕਾਇਆ ਇਕੱਤਰ ਕਰਵਾਇਆ ਜਾਵੇ ਅਤੇ ਵਸੂਲੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਪਣਾਈ ਜਾਵੇ।

    ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਇਕੱਤਰ ਹੋਏ ਫੰਡਾਂ ਦੀ ਵਰਤੋਂ ਸਰਕਾਰੀ ਤੇ ਰਜਿਸਟਰਡ ਗਊਸ਼ਾਲਾਵਾਂ ਵਿੱਚ ਹਰੇ ਚਾਰੇ, ਤੂੜੀ, ਸ਼ੈੱਡਾਂ ਦੀ ਮੁਰੰਮਤ ਅਤੇ ਪਸ਼ੂਆਂ ਦੀਆਂ ਦਵਾਈਆਂ ਸਮੇਤ ਹੋਰ ਢੁਕਵੇਂ ਕਾਰਜਾਂ ਲਈ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸੜਕਾਂ ‘ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢਣ ਦੇ ਆਦੇਸ਼ ਦਿੱਤੇ ਗਏ ਤਾਂ ਜੋ ਸੜਕੀ ਹਾਦਸਿਆਂ ਤੋਂ ਲੋਕਾਂ ਦਾ ਬਚਾਅ ਹੋ ਸਕੇ।

    ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਉਨ੍ਹਾਂ ਦੀ ਦੇਖਭਾਲ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ-ਸਮੇਂ ‘ਤੇ ਗਊਸ਼ਾਲਾਵਾਂ ਦਾ ਨਿਰੀਖਣ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਕਾਓ ਸੈੱਸ ਦੀ ਵਸੂਲੀ ਜਾਂ ਵਰਤੋਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰ ਅਤੇ ਪਸ਼ੂ ਪਾਲਣ ਵਿਭਾਗ, ਆਰਟੀਓ, ਜੀਐਸਟੀ ਆਦਿ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Back to top button
Click to listen highlighted text!
error: Content is protected !!