ਡਿਪਟੀ ਕਮਿਸ਼ਨਰ ਵੱਲੋ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਕਿਸਾਨਾਂ ਨੂੰ ਯੋਗਦਾਨ ਪਾਉਣ ਦੀ ਅਪੀਲ

ਜ਼ਿਲ੍ਹਾ ਮਾਨਸਾ ਵਿੱਚ ਲੋੜ ਅਨੁਸਾਰ ਖੇਤੀ ਮਸ਼ੀਨਰੀ ਉਪਲਬਧ
ਪਰਾਲੀ ਸੰਭਾਲ ਲਈ 43 ਏਕੜ ਜ਼ਮੀਨ ਦੀ ਪਛਾਣ
ਕਿਸਾਨਾਂ ਦੀ ਅਗਾਂਹਵਧੂ ਸੋਚ ਸਦਕਾ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਤੋਂ ਵੱਧ ਕਮੀ ਆਈ
ਸੰਜੀਵ ਜਿੰਦਲ
ਮਾਨਸਾ, 25 ਸਤੰਬਰ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਵਾਸਤੇ ਪ੍ਰਸ਼ਾਸਨ ਦਾ ਸਰਗਰਮ ਸਹਿਯੋਗ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਮਾਨਸਾ ਵਿੱਚ ਲੋੜ ਅਨੁਸਾਰ ਪੂਰੀ ਖੇਤੀ ਮਸ਼ੀਨਰੀ ਉਪਲਬਧ ਹੈ ਅਤੇ ਪਰਾਲੀ ਪ੍ਰਬੰਧਨ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਇਕੱਠਾ ਕਰਨ ਤੇ ਸੰਭਾਲਣ ਲਈ 43 ਏਕੜ ਜ਼ਮੀਨ ਦੀ ਪਛਾਣ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇਸ ਤਹਿਤ ਕਲਸਟਰ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਪਰਾਲੀ ਪ੍ਰੋਟੈਕਸ਼ਨ ਫੋਰਸ ਨੂੰ ਜ਼ਮੀਨੀ ਪੱਧਰ ‘ਤੇ ਚੌਕਸੀ ਵਧਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਉੱਥੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਹਰ ਕਿਸਾਨ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਅਗਾਂਹਵਧੂ ਸੋਚ ਸਦਕਾ ਹੀ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਤੋਂ ਵੱਧ ਦੀ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਵਾਰ ਵੀ ਕਿਸਾਨ ਵਾਤਾਵਰਨ ਦੀ ਸੰਭਾਲ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਉਚਿਤ ਪ੍ਰਬੰਧਨ ਕਰਨਗੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ, ਐਸ ਡੀ ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਜੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।




