ਸਥਾਨਕ ਖ਼ਬਰਾਂ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਈਕੋ ਵ੍ਹੀਲਰਜ਼ ਕਲੱਬ ਮਾਨਸਾ ਵੱਲੋਂ ਸ਼ਰਧਾਂਜਲੀ

ਸੰਜੀਵ ਜਿੰਦਲ 
 
ਮਾਨਸਾ, 28 ਸਤੰਬਰ : “ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ”—ਇਨ੍ਹਾਂ ਭਾਵਪੂਰਨ ਸ਼ਬਦਾਂ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਈਕੋ ਵ੍ਹੀਲਰਜ਼ ਕਲੱਬ ਮਾਨਸਾ ਵੱਲੋਂ ਸ਼ਹੀਦ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਕਲੱਬ ਦੇ ਮੈਂਬਰਾਂ ਵੱਲੋਂ ਸ਼ਹੀਦ ਭਗਤ ਸਿੰਘ  ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦੇਸ਼-ਪ੍ਰੇਮ, ਹਿੰਮਤ ਅਤੇ ਨੌਜਵਾਨ ਪੀੜ੍ਹੀ ਨੂੰ ਦਿੱਤੀ ਪ੍ਰੇਰਣਾ ਨੂੰ ਸਲਾਮ ਕੀਤਾ ਗਿਆ।
ਇਸ ਮੌਕੇ ਵੁਆਇਸ ਆਫ਼ ਮਾਨਸਾ ਦੇ ਪ੍ਰਧਾਨ ਅਤੇ ਈਕੋ ਵ੍ਹੀਲਰਜ਼ ਕਲੱਬ ਮਾਨਸਾ ਦੇ ਸਰਪ੍ਰਸਤ ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਮਾਹੌਲ ਵਿੱਚ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਾਂ, ਉਸ ਪਿੱਛੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀਆਂ ਅਣਮੁੱਲ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਭਗਤ ਸਿੰਘ  ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਉਨ੍ਹਾਂ ਦੀ ਸੋਚ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ।
ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਜਦੋਂ ਅਸੀਂ ਭਗਤ ਸਿੰਘ ਚੌਂਕ ਪਹੁੰਚੇ ਤਾਂ ਦੇਖ ਕੇ ਮਨ ਬਹੁਤ ਖ਼ਰਾਬ ਹੋਇਆ ਪਰ ਸਾਡੀ ਟੀਮ ਦੇ ਮੈਂਬਰਾਂ ਬੇਅੰਤ ਸਿੰਘ, ਗੁਰਪ੍ਰੀਤ ਧਾਲੀਵਾਲ, ਜੀਵਨ ਬਾਂਸਲ ਅਤੇ ਹੋਰ ਮੈਂਬਰਾਂ ਨੇ ਬੁੱਤ ਨੂੰ ਅਤੇ ਆਲੇ ਦੁਆਲੇ ਦੇ ਏਰੀਏ ਨੂੰ ਚੰਗੀ ਤਰ੍ਹਾਂ ਧੋ ਕੇ ਸਫਾ਼ਈ ਕੀਤੀ ਅਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ।
ਇੱਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਪਰ ਦੂਜੇ ਪਾਸੇ ਮਾਨਸਾ ਵਿੱਚ ਸਥਿਤ ਇੱਕੋ ਇੱਕ ਚੌਂਕ ਸ਼ਹੀਦ ਭਗਤ ਸਿੰਘ  ਦੀ ਯਾਦਗਾਰ ਦੀ ਕੋਈ ਸਫ਼ਾਈ ਨਹੀਂ ਸੀ, ਜਦਕਿ ਇਸ ਦੀ ਸਫਾ਼ਈ ਅਤੇ ਰੰਗ-ਰੋਗਨ ਨਾ ਹੋਣ ਕਾਰਨ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਯਾਦਗਾਰਾਂ ਦੀ ਸਾਂਭ-ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਯਾਦਗਾਰ ਦੀ ਸਫ਼ਾਈ, ਰੰਗ-ਰੋਗਨ ਅਤੇ ਯੋਗ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਮੌਕੇ ਇਸ ਚੌਂਕ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਜਾਵੇ। ਇੱਥੇ ਦੇਸ਼-ਭਗਤੀ ਦੇ ਗੀਤ ਚਲਾਏ ਜਾਣ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਸਬੰਧਤ ਪ੍ਰੋਗਰਾਮ ਕਰਵਾਏ ਜਾਣ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਇਤਿਹਾਸ ਅਤੇ ਕੁਰਬਾਨੀਆਂ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਵਿੱਚ ਦੇਸ਼-ਪ੍ਰੇਮ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੋ ਸਕਦੇ ਹਨ।
ਡਾ. ਸਿੰਗਲਾ ਨੇ ਕਿਹਾ ਕਿ ਸ਼ਹੀਦਾਂ ਨੂੰ ਸਿਰਫ਼ ਉਨ੍ਹਾਂ ਦੇ ਜਨਮ ਅਤੇ ਸ਼ਹੀਦੀ ਦਿਹਾੜਿਆਂ ’ਤੇ ਯਾਦ ਕਰਨ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਅਤੇ ਕੁਰਬਾਨੀਆਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ। ਖ਼ਾਸ ਤੌਰ ’ਤੇ ਮਾਪਿਆਂ ਅਤੇ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਅਤੇ ਨੌਜਵਾਨਾਂ ਨੂੰ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਇਤਿਹਾਸ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣ, ਤਾਂ ਜੋ ਨਵੀਂ ਪੀੜ੍ਹੀ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੁੜੀ ਰਹੇ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਅਨੇਕਾਂ ਪੰਜਾਬੀਆਂ ਨੇ ਦੇਸ਼ ਦੀ ਖ਼ਾਤਰ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਸ਼ਹੀਦ ਭਗਤ ਸਿੰਘ ਜੀ ਦਾ ਨਾਮ ਇਸ ਕੁਰਬਾਨੀ ਦੀ ਪਰੰਪਰਾ ਵਿੱਚ ਹਮੇਸ਼ਾ ਸਤਿਕਾਰ ਨਾਲ ਲਿਆ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਦੇਸ਼, ਸਮਾਜ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ।
ਇਸ ਮੌਕੇ ਈਕੋ ਵ੍ਹੀਲਰਜ਼ ਕਲੱਬ ਮਾਨਸਾ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੌਜਵਾਨਾਂ ਲਈ ਹਿੰਮਤ, ਦੇਸ਼-ਪ੍ਰੇਮ ਅਤੇ ਕੁਰਬਾਨੀ ਦੀ ਪ੍ਰੇਰਣਾ ਹਨ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਹਰ ਸਾਲ ਸ਼ਹੀਦਾਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਆਉਣ ਵਾਲੀ ਪੀੜ੍ਹੀ ਨੂੰ ਸ਼ਹੀਦਾਂ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਆਪਣੇ ਸਮਾਜ ਵਿੱਚ ਭਾਈਚਾਰਕ ਸਾਂਝ, ਇਮਾਨਦਾਰੀ, ਮਨੁੱਖਤਾ ਅਤੇ ਦੇਸ਼-ਪ੍ਰੇਮ ਦੀ ਭਾਵਨਾ ਨੂੰ ਮਜ਼ਬੂਤ ਕਰੀਏ।
ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਉਨ੍ਹਾਂ ਦੀ ਸੋਚ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਦਾ ਸੰਕਲਪ ਕੀਤਾ ਗਿਆ।
ਇਸ ਮੌਕੇ ਐਡਵੋਕੇਟ ਦਰਸ਼ਨ ਸਿੰਘ, ਸਾਬਕਾ ਆਰਮੀ ਅਫ਼ਸਰ, ਲੋਕ ਰਾਮ, ਮਾਸਟਰ ਹਰਮੰਦਰ ਸਿੰਘ, ਬਲਜੀਤ ਸਿੰਘ ਸੂਬਾ, ਜੀਵਨ ਬਾਂਸਲ, ਸਾਬਕਾ ਸੀਵਰੇਜ਼ ਬੋਰਡ ਅਫ਼ਸਰ, ਜਗਸੀਰ ਸਿੰਘ, ਪ੍ਰਦੂਸ਼ਣ ਬੋਰਡ ਅਫ਼ਸਰ, ਬਿੰਦਰ ਪਾਲ ਸਮੇਤ ਕਲੱਬ ਦੇ ਅਹੁਦੇਦਾਰ, ਮੈਂਬਰ ਅਤੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਭੇਟ ਕਰਨ ਵਾਲੇ ਹੋਰ ਪਤਵੰਤੇ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!