ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਨਾਰਕੋ ਕੋ-ਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

ਨਸ਼ੇ ਦੀ ਦਲਦਲ ਵਿੱਚ ਫ਼ਸੇ ਵਿਅਕਤੀ ਅਪਰਾਧੀ ਨਹੀਂ ਬਲਕਿ ਬੀਮਾਰ ਹਨ, ਇਨ੍ਹਾਂ ਨੂੰ ਹਮਦਰਦੀ ਤੇ ਸਹੀ ਇਲਾਜ ਦੀ ਲੋੜ: ਪੂਨਮ ਸਿੰਘ
ਸੰਜੀਵ ਜਿੰਦਲ
ਮਾਨਸਾ, 28 ਸਤੰਬਰ: ਜ਼ਿਲ੍ਹੇ ਵਿੱਚ ਨਸ਼ਿਆਂ ਦੀ ਮੁਕੰਮਲ ਰੋਕਥਾਮ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਅਤੇ ਨਸ਼ਾ ਪੀੜਤਾਂ ਦੇ ਸੁਧਾਰ ਅਤੇ ਇਲਾਜ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਨਾਰਕੋ ਕੋ-ਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਡੀ.ਐੱਸ.ਪੀ. ਪਾਸੋਂ ਨਸ਼ਾ ਰੋਕੂ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡਿਪਟੀ ਮੈਡੀਕਲ ਕਮਿਸ਼ਨਰ ਤੋਂ ਓਟ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਸਥਿਤੀ ਅਤੇ ਸਿਹਤ ਸੁਧਾਰ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਓਟ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁੱਖਧਾਰਾ ਵਿੱਚ ਵਾਪਸ ਲਿਆਉਣ ਲਈ ਹੁਨਰ ਵਿਕਾਸ ਕੋਰਸ ਕਰਵਾਏ ਜਾਣ ਅਤੇ ਮਾਨਸਿਕ ਸਿਹਤ ਲਈ ਯੋਗਾ ਤੇ ਮੈਡੀਟੇਸ਼ਨ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ।
ਇਸ ਮੌਕੇ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਤੋਂ ਸਬ-ਡਵੀਜ਼ਨ ਪੱਧਰ ‘ਤੇ ਕੀਤੀਆਂ ਜਾ ਰਹੀਆਂ ਚੈਕਿੰਗਾਂ ਅਤੇ ਕਾਰਵਾਈਆਂ ਬਾਰੇ ਵੀ ਰਿਪੋਰਟ ਲਈ ਗਈ। ਐਕਸਾਈਜ਼ ਵਿਭਾਗ ਦੇ ਅਧਿਕਾਰੀ ਨੇ ਮੀਟਿੰਗ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਦਿਆਂ ਹੁਣ ਤੱਕ 28 ਐੱਫ.ਆਈ.ਆਰ. ਦਰਜ ਕਰਕੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫ਼ਸੇ ਵਿਅਕਤੀ ਅਪਰਾਧੀ ਨਹੀਂ ਬਲਕਿ ਬੀਮਾਰ ਹਨ, ਇਸ ਲਈ ਉਨ੍ਹਾਂ ਪ੍ਰਤੀ ਹਮਦਰਦੀ ਰੱਖਦਿਆਂ ਉਨ੍ਹਾਂ ਦੇ ਸਹੀ ਇਲਾਜ ਅਤੇ ਮੁੜ-ਵਸੇਬੇ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਖੇਡ ਅਫਸਰ ਨੂੰ ਹਦਾਇਤ ਕੀਤੀ ਕਿ ਸਿੱਖਿਆ ਵਿਭਾਗ ਨਾਲ ਤਾਲਮੇਲ ਰੱਖਦੇ ਹੋਏ ਖੇਡ ਗਤੀਵਿਧੀਆਂ ਵਿਚ ਵਾਧਾ ਕੀਤਾ ਜਾਵੇ ਤਾਂ ਕਿ ਵਿਦਿਆਰਥੀ ਵਰਗ ਵਧ ਚੜ੍ਹ ਕੇ ਖੇਡਾਂ ਨਾਲ ਜੁੜ ਸਕਣ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਮਾਨਸਾ ਬਲਜੀਤ ਕੌਰ, ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ, ਡੀ.ਐੱਸ.ਪੀ. ਜਸਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਡਿਪਟੀ ਮੈਡੀਕਲ ਕਮਿਸ਼ਨਰ ਮਯੰਕਜੋਤ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਜ਼ਿਲ੍ਹਾ ਜੰਗਲਾਤ ਅਫ਼ਸਰ ਪਵਨ ਸ੍ਰੀਧਰ ਵੀ ਹਾਜ਼ਰ ਸਨ।



