ਪਰਵਿੰਦਰ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ‘X’ ਸ਼੍ਰੇਣੀ ਦੀ ਕੇਂਦਰੀ ਸੁਰੱਖਿਆ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਪਰਵਿੰਦਰ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ‘X’ ਸ਼੍ਰੇਣੀ ਦੀ ਕੇਂਦਰੀ ਸੁਰੱਖਿਆ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਸੰਜੀਵ ਜਿੰਦਲ
ਮਾਨਸਾ / ਸੰਗਰੂਰ, 30 ਅਕਤੂਬਰ – ਕੇਂਦਰ ਸਰਕਾਰ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਤੂਰ ਵਣਜਾਰਾ ਦੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।
ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ (MHA) ਵੱਲੋਂ ਦੋਵਾਂ ਪਰਿਵਾਰਾਂ ਨੂੰ ‘X’ ਸ਼੍ਰੇਣੀ ਦੀ ਕੇਂਦਰੀ ਸੁਰੱਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸੁਰੱਖਿਆ CRPF ਦੇ ਜਵਾਨਾਂ ਵੱਲੋਂ ਮੁਹੱਈਆ ਕਰਵਾਈ ਜਾਵੇਗੀ, ਜਿਸਦਾ ਪੂਰਾ ਕੰਟਰੋਲ ਕੇਂਦਰ ਸਰਕਾਰ ਕੋਲ ਹੋਵੇਗਾ।
ਕਿਸ ਨੂੰ ਮਿਲੀ ਸੁਰੱਖਿਆ ?
ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ: ਕੇਂਦਰ ਨੇ ਝੋਟੇ ਦੀ ਪਤਨੀ, ਪਿਤਾ ਸਣੇ ਪੂਰੇ ਪਰਿਵਾਰ ਦੀ ਸੁਰੱਖਿਆ ਵਧਾਈ ਹੈ। ਗੁਲਜ਼ਾਰ ਸਿੰਘ ਤੂਰ ਦੀ ਪਤਨੀ ਨੂੰ ਵੀ X ਕੈਟੇਗਰੀ ਦੀ CRPF ਸੁਰੱਖਿਆ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਸੁਰੱਖਿਆ ਲਈ ਤਾਇਨਾਤ ਕੀਤੇ ਜਾਣ ਵਾਲੇ CRPF ਜਵਾਨ ਅੱਜ ਦੁਪਹਿਰ ਤੱਕ ਮਾਨਸਾ ਅਤੇ ਸੰਗਰੂਰ ਪਹੁੰਚ ਸਕਦੇ ਹਨ। 24 ਘੰਟੇ ਜਵਾਨ ਪਰਿਵਾਰਾਂ ਦੀ ਸੁਰੱਖਿਆ ਵਿੱਚ ਤਾਇਨਾਤ ਰਹਿਣਗੇ।
ਪਰਵਿੰਦਰ ਸਿੰਘ ਝੋਟਾ ਨਸ਼ਾ ਵਿਰੋਧੀ ਕਾਰਕੁਨ ਸੀ ਜਿਸਦਾ ਮਾਨਸਾ ਵਿੱਚ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦਕਿ ਗੁਲਜ਼ਾਰ ਸਿੰਘ ਉਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਸਾਹਮਣੇ ਨਸ਼ੇ ਦੇ ਮੁੱਦੇ ‘ਤੇ ਚਿੰਤਾ ਜਤਾਉਣ ਤੋਂ ਬਾਅਦ ਮ੍ਰਿਤਕ ਮਿਲਿਆ ਸੀ।
20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ‘ਤੇ ਆਏ ਸਨ ਅਤੇ ਉਹ ਮਾਨਸਾ ਵਿੱਚ ਝੋਟਾ ਤੇ ਸੰਗਰੂਰ ਵਿੱਚ ਗੁਲਜ਼ਾਰ ਦੇ ਪਰਿਵਾਰਾਂ ਨੂੰ ਮਿਲ ਕੇ ਦੁੱਖ ਸਾਂਝਾ ਕਰਕੇ ਇਨਸਾਫ਼ ਦਾ ਭਰੋਸਾ ਦੇ ਕੇ ਗਏ ਸਨ।
ਇਸ ਤੋਂ ਬਾਅਦ ਹੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਨ੍ਹਾਂ ਮੌਤਾਂ ਦੇ ਹਾਲਾਤਾਂ ਬਾਰੇ ਰਿਪੋਰਟ ਮੰਗੀ ਸੀ, ਸੀ.ਬੀ.ਆਈ. ਜਾਂਚ ਸ਼ੁਰੂ ਹੋਈ ਅਤੇ ਹੁਣ ਪਰਿਵਾਰਾਂ ਨੂੰ ਕੇਂਦਰੀ ਸੁਰੱਖਿਆ ਦੇ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵੱਲੋਂ ਮੰਨਿਆ ਜਾ ਰਿਹਾ ਹੈ ਕਿ ਜਿਸ ਤਰ੍ਹਾਂ ਝੋਟੇ ਦੇ ਪਿਤਾ ਬੇਬਾਕੀ ਨਾਲ ਸਰਕਾਰ ਖਿਲਾਫ ਬੋਲ ਰਹੇ ਹਨ, ਉਨ੍ਹਾਂ ਨੂੰ ਖਤਰਾ ਹੋ ਸਕਦਾ ਹੈ, ਇਸ ਲਈ ਇਹ ਸੁਰੱਖਿਆ ਅਹਿਮ ਹੈ।




