ਰਾਜਨੀਤੀ

ਭਾਜਪਾ ਦੇ ਪਾਰਲੀਮੈਂਟਰੀ ਬੋਰਡ ਵਲੋਂ ਲਿਆ ਜਾਵੇਗਾ ਗੱਠਜੋੜ ਦਾ ਫ਼ੈਸਲਾ – ਅਨੁਰਾਗ ਠਾਕੁਰ

ਭਾਜਪਾ ਦੇ ਪਾਰਲੀਮੈਂਟਰੀ ਬੋਰਡ ਵਲੋਂ ਲਿਆ ਜਾਵੇਗਾ ਗੱਠਜੋੜ ਦਾ ਫ਼ੈਸਲਾ – ਅਨੁਰਾਗ ਠਾਕੁਰ
 
ਚੰਡੀਗੜ੍ਹ 3 ਨਵੰਬਰ :ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੇ ਵਿਚਕਾਰ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੱਡਾ ਬਿਆਨ ਦਿੱਤਾ ਹੈ।
ਅਨੁਰਾਗ ਠਾਕੁਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗੱਠਜੋੜ ਦਾ ਫ਼ੈਸਲਾ ਭਾਜਪਾ ਦਾ ਪਾਰਲੀਮੈਂਟਰੀ ਬੋਰਡ ਲਵੇਗਾ। ਪਾਰਲੀਮੈਂਟਰੀ ਬੋਰਡ ਹੀ ਪਾਰਟੀ ਦੀ ਸਭ ਤੋਂ ਉੱਚੀ ਫ਼ੈਸਲਾ ਲੈਣ ਵਾਲੀ ਸੰਸਥਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਲੀਡਰਸ਼ਿਪ ਆਪਣੀ ਰਿਪੋਰਟ ਅਤੇ ਸੁਝਾਅ ਕੇਂਦਰੀ ਲੀਡਰਸ਼ਿਪ ਨੂੰ ਭੇਜਦੀ ਹੈ, ਪਰ ਅੰਤਿਮ ਫ਼ੈਸਲਾ ਪਾਰਲੀਮੈਂਟਰੀ ਬੋਰਡ ਵਲੋਂ ਹੀ ਲਿਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਵਿੱਚ NDA ਸਰਕਾਰ ਬਣਾਉਣ ਦੇ ਲਗਾਤਾਰ ਬਿਆਨ ਦਿੱਤੇ ਜਾ ਰਹੇ ਹਨ, ਜਿਸ ਤੋਂ ਬਾਅਦ ਗਠਜੋੜ ਦੀਆਂ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। ਭਰੋਸੇਯੋਗ ਸੂਤਰਾਂ ਮੁਤਾਬਕ ਦੋਵੇਂ ਪੁਰਾਣੇ ਸਹਿਯੋਗੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਜਾਰੀ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕੱਲ੍ਹ ਕਿਹਾ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਸਭ ਸਪੱਸ਼ਟ ਹੋ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਹਮ-ਖਿਆਲੀ ਪਾਰਟੀਆਂ ਨਾਲ ਗੱਲਬਾਤ ਲਈ ਰਾਹ ਖੁੱਲ੍ਹੇ ਹਨ।
ਸਤੰਬਰ 2020 ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਭਾਜਪਾ ਤੋਂ ਨਾਤਾ ਤੋੜ ਲਿਆ ਸੀ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਦਲਾਂ ਦੇ ਮੁੜ ਇਕੱਠੇ ਆਉਣ ਦੀਆਂ ਸੰਭਾਵਨਾਵਾਂ ਤੇਜ਼ ਹਨ।

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!